ਘੱਗਰ ਦਾ ਪਾਣੀ ਘਨੌਰ ਹਲਕੇ ਦੇ ਕੁਝ ਪਿੰਡਾਂ ਦੇ ਖੇਤਾਂ ’ਚ ਦਾਖਲ

ਪਟਿਆਲਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਬੀਤੇ ਕੱਲ੍ਹ ਅਤੇ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਘਨੌਰ ਵਿਧਾਨ ਸਭਾ ਹਲਕੇ ਦੇ ਘੱਗਰ ਦਰਿਆ ਨਾਲ ਲੱਗਦੇ ਕੁਝ ਪਿੰਡਾਂ ਦੇ ਖੇਤਾਂ ਵਿੱਚ ਦਰਿਆ ਦਾ ਪਾਣੀ ਦਾਖਲ ਹੋ ਗਿਆ। ਇਸ ਕਾਰਨ ਹੇਠਲੇ ਇਲਾਕਿਆਂ ਵਿੱਚ ਖੜ੍ਹੀਆਂ ਫ਼ਸਲਾਂ ਕੁਝ ਹੱਦ ਤੱਕ ਪ੍ਰਭਾਵਿਤ ਹੋਈਆਂ, ਜਿਸ ਨਾਲ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਰਿਹਾ।

ਅੱਜ ਸਵੇਰੇ ਮੀਂਹ ਰੁਕਣ ਅਤੇ ਘੱਗਰ ਦੇ ਪਾਣੀ ਦਾ ਪੱਧਰ ਘਟਣ ਨਾਲ ਖੇਤਾਂ ਵਿੱਚੋਂ ਪਾਣੀ ਨਿਕਲਣਾ ਸ਼ੁਰੂ ਹੋ ਗਿਆ। ਬਹੁਤੇ ਥਾਵਾਂ ’ਤੇ ਪਾਣੀ ਕਾਫ਼ੀ ਹੱਦ ਤੱਕ ਬਾਹਰ ਨਿਕਲ ਚੁੱਕਾ ਹੈ ਅਤੇ ਮੌਜੂਦਾ ਸਮੇਂ ਹਾਲਾਤ ਕਾਬੂ ਹੇਠ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਲ ਵਿਭਾਗ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਪਿੰਡ ਵਿੱਚ ਰਿਹਾਇਸ਼ੀ ਇਲਾਕੇ ਨੂੰ ਕੋਈ ਵੱਡਾ ਖ਼ਤਰਾ ਨਹੀਂ ਪਹੁੰਚਿਆ ਅਤੇ ਨਾ ਹੀ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਹੈ। ਹਾਲਾਂਕਿ ਪ੍ਰਭਾਵਿਤ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਨੁਕਸਾਨ ਦਾ ਅੰਦਾਜ਼ਾ ਲਗਾਉਣ ਦੀ ਚਿੰਤਾ ਬਣੀ ਹੋਈ ਹੈ। ਜੇਕਰ ਅਗਲੇ ਦਿਨਾਂ ਦੌਰਾਨ ਮੀਂਹ ਦਾ ਦੌਰ ਨਹੀਂ ਵਧਦਾ ਤਾਂ ਹਾਲਾਤ ਪੂਰੀ ਤਰ੍ਹਾਂ ਆਮ ਹੋਣ ਦੀ ਸੰਭਾਵਨਾ ਹੈ।