ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ, ਤਾਪਮਾਨ 2.1 ਡਿਗਰੀ ਤੱਕ ਵਧਣ ਦੀ ਉਮੀਦ
ਚੰਡੀਗੜ੍ਹ, 8 ਜੂਨ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਕੁਝ ਦਿਨਾਂ ਦੌਰਾਨ ਗਰਮੀ ਹੋਰ ਤੇਜ਼ ਹੋਣ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ 11 ਜੂਨ ਤੱਕ ਗਰਮੀ ਦਾ ਪ੍ਰਭਾਵ ਜਾਰੀ ਰਹਿ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਸੂਬੇ ਵਿੱਚ ਐਤਵਾਰ ਨੂੰ ਸਭ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਇਹ 39 ਡਿਗਰੀ ਸੈਲਸੀਅਸ ਰਿਹਾ।
ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਸਭ ਤੋਂ ਵੱਧ ਪ੍ਰਭਾਵ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਲੋਕਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ 12 ਤੋਂ 14 ਜੂਨ ਤੱਕ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ, ਜਦਕਿ 15 ਜੂਨ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਕੁਝ ਇਲਾਕਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਧੁੱਪ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਖਾਸ ਤੌਰ 'ਤੇ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਨੂੰ ਗਰਮੀ ਤੋਂ ਬਚਾਅ ਲਈ ਵਧੇਰੇ ਧਿਆਨ ਰੱਖਣ ਲਈ ਕਿਹਾ ਗਿਆ ਹੈ।