ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਸਾਥੀ ਖ਼ਿਲਾਫ਼ ਦੋਸ਼ ਤੈਅ, 23 ਜੁਲਾਈ ਤੋਂ ਮੁਕੱਦਮੇ ਦੀ ਸੁਣਵਾਈ
ਚੰਡੀਗੜ੍ਹ, 10 ਜੁਲਾਈ – ਰਿਸ਼ਵਤਖੋਰੀ ਦੇ ਮਾਮਲੇ ਵਿੱਚ ਮੁਅੱਤਲ ਪੰਜਾਬ ਪੁਲਿਸ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਭੁੱਲਰ ਅਤੇ ਉਨ੍ਹਾਂ ਦੇ ਕਥਿਤ ਵਿਚੋਲੇ ਕ੍ਰਿਸ਼ਨ ਸ਼ਾਰਦਾ ਵੱਲੋਂ ਦਾਇਰ ਡਿਸਚਾਰਜ ਅਰਜ਼ੀ ਰੱਦ ਕਰਦਿਆਂ ਦੋਵਾਂ ਖ਼ਿਲਾਫ਼ 8 ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 23 ਜੁਲਾਈ ਦੀ ਤਾਰੀਖ਼ ਨਿਰਧਾਰਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਅਕਾਸ਼ ਬੱਤਾ ਦੀ ਸ਼ਿਕਾਇਤ ’ਤੇ ਸੀ.ਬੀ.ਆਈ. ਨੇ ਮਾਮਲਾ ਦਰਜ ਕੀਤਾ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇੱਕ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਨਾਂ ’ਤੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ। ਇਸ ਤੋਂ ਬਾਅਦ ਸੀ.ਬੀ.ਆਈ. ਨੇ 16 ਅਕਤੂਬਰ ਨੂੰ ਜਾਲ ਵਿਛਾ ਕੇ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਦੋਵੇਂ ਮੁਲਜ਼ਮ ਇਸ ਵੇਲੇ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਵੀ ਪਹਿਲਾਂ ਰੱਦ ਹੋ ਚੁੱਕੀਆਂ ਹਨ। ਅਦਾਲਤ ਵੱਲੋਂ ਦੋਸ਼ ਤੈਅ ਹੋਣ ਮਗਰੋਂ ਹੁਣ ਇਸ ਮਾਮਲੇ ਦੀ ਨਿਯਮਿਤ ਸੁਣਵਾਈ ਸ਼ੁਰੂ ਹੋਵੇਗੀ।