ਜਲੰਧਰ-ਅੰਮ੍ਰਿਤਸਰ ਮਾਰਗ ’ਤੇ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਸਮੇਤ 3 ਦੀ ਮੌਤ, ਤਿੰਨ ਧੀਆਂ ਗੰਭੀਰ ਜ਼ਖ਼ਮੀ
ਜਲੰਧਰ, 6 ਜੁਲਾਈ ( ਲੋਕ ਵਿਜ਼ਨ ) ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਮਾਰਗ ’ਤੇ ਸੋਮਵਾਰ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਪਲਾਂ ਵਿੱਚ ਹੀ ਉਜਾੜ ਦਿੱਤੀਆਂ। ਗਲਤ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਅਤੇ ਸਵਿਫਟ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਬੱਚੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ ਸੁਰਿੰਦਰ ਸ਼ੁਕਲਾ, ਉਸ ਦੀ ਪਤਨੀ ਪ੍ਰਿਯੰਕਾ ਅਤੇ ਮਾਤਾ ਯਵੰਤੀ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਸੁਰਿੰਦਰ ਸ਼ੁਕਲਾ ਆਪਣੇ ਪਰਿਵਾਰ ਸਮੇਤ ਕਾਰ ਰਾਹੀਂ ਬਿਆਸ ਵੱਲ ਜਾ ਰਿਹਾ ਸੀ। ਜਦੋਂ ਉਹ ਵਿਧੀਪੁਰ ਫਲਾਈਓਵਰ ਨੇੜੇ ਪੁੱਜੇ ਤਾਂ ਗਲਤ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਉਨ੍ਹਾਂ ਦੀ ਸਵਿਫਟ ਕਾਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਸਵਿਫਟ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਸਾਰੇ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਪ੍ਰਿਯੰਕਾ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਸੁਰਿੰਦਰ ਸ਼ੁਕਲਾ ਅਤੇ ਉਸ ਦੀ ਮਾਤਾ ਯਵੰਤੀ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਹਾਦਸੇ ਵਿੱਚ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ’ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ।
ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ’ਤੇ ਪੁੱਜੀ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗਲਤ ਦਿਸ਼ਾ ਤੋਂ ਆ ਰਹੇ ਵਾਹਨ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਪੁਲਿਸ ਵੱਲੋਂ ਇਨੋਵਾ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।