ਰਜਿੰਦਰ ਸਿੰਘ ਚਹਿਲ ਕਾਲਜ ਦਾ ਪ੍ਰਾਸਪੈਕਟ ਜਾਰੀ

ਸਿੱਖਿਆ ਅਤੇ ਖੇਡਾਂ ਦੇ ਸੁਮੇਲ ਨਾਲ ਨਵੀਂ ਪੀੜ੍ਹੀ ਨੂੰ ਤਿਆਰ ਕਰ ਰਿਹਾ ਹੈ ਕਾਲਜ : ਰੱਖੜਾ

ਪਟਿਆਲਾ, 19 ਜੂਨ ( ਪ੍ਰਤੀਨਿਧ ) – ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਕਾਰਜਸ਼ੀਲ ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵੱਲੋਂ ਸੈਸ਼ਨ 2026-27 ਦਾ ਪ੍ਰਾਸਪੈਕਟ ਸ਼ਾਨਦਾਰ ਸਮਾਗਮ ਦੌਰਾਨ ਜਾਰੀ ਕੀਤਾ ਗਿਆ। ਸਮਾਗਮ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਾਸਪੈਕਟ ਜਾਰੀ ਕੀਤਾ।

ਆਪਣੇ ਸੰਬੋਧਨ ਵਿੱਚ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਖੇਡਾਂ ਵਿੱਚ ਵੀ ਮੁਹਾਰਤ ਹਾਸਲ ਕਰਨਾ ਸਮੇਂ ਦੀ ਲੋੜ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਜਿੰਦਰ ਸਿੰਘ ਚਹਿਲ ਕਾਲਜ ਵਰਗੀਆਂ ਸੰਸਥਾਵਾਂ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਦੇਸ਼ ਵੀ ਦੇ ਰਹੀਆਂ ਹਨ। ਉਨ੍ਹਾਂ ਕਾਲਜ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਇਲਾਕੇ ਵਿੱਚ ਸਿੱਖਿਆ ਅਤੇ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਕਾਲਜ ਦੇ ਚੇਅਰਮੈਨ ਰਜਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਨਵੇਂ ਪ੍ਰਾਸਪੈਕਟ ਵਿੱਚ ਵਿਦਿਆਰਥੀਆਂ ਲਈ ਉਪਲਬਧ ਕੋਰਸਾਂ, ਦਾਖਲਾ ਨਿਯਮਾਂ, ਖੇਡ ਸਹੂਲਤਾਂ, ਆਧੁਨਿਕ ਲੈਬਾਂ, ਤਜਰਬੇਕਾਰ ਅਧਿਆਪਕਾਂ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਟੀਚਾ ਹਰ ਵਿਦਿਆਰਥੀ ਦੇ ਅੰਦਰ ਲੁਕੀ ਪ੍ਰਤਿਭਾ ਨੂੰ ਨਿਖਾਰ ਕੇ ਉਸ ਨੂੰ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਉਣਾ ਹੈ।

ਵਾਈਸ ਚੇਅਰਮੈਨ ਮਨਦੀਪ ਸਿੰਘ ਚਹਿਲ ਨੇ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਨੂੰ ਅਧੁਨਿਕ ਸਹੂਲਤਾਂ, ਮਿਆਰੀ ਸਿੱਖਿਆ ਅਤੇ ਖੇਡਾਂ ਲਈ ਉਚਿਤ ਮਾਹੌਲ ਪ੍ਰਦਾਨ ਕਰਨ ਵਾਸਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵਾਂ ਸੈਸ਼ਨ ਕਾਲਜ ਲਈ ਨਵੀਆਂ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਲਈ ਨਵੀਆਂ ਸੰਭਾਵਨਾਵਾਂ ਲੈ ਕੇ ਆਵੇਗਾ।

ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਹਾਜ਼ਰ ਲੋਕਾਂ ਨੇ ਆਸ ਪ੍ਰਗਟਾਈ ਕਿ ਇਹ ਸੰਸਥਾ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਉੱਚੇ ਮਾਪਦੰਡ ਸਥਾਪਤ ਕਰੇਗੀ।

ਫੋਟੋ ਕੈਪਸ਼ਨ: ਸੈਸ਼ਨ 2026-27 ਦਾ ਪ੍ਰਾਸਪੈਕਟ ਜਾਰੀ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ, ਨਾਲ ਚੇਅਰਮੈਨ ਰਜਿੰਦਰ ਸਿੰਘ ਚਹਿਲ, ਵਾਈਸ ਚੇਅਰਮੈਨ ਮਨਦੀਪ ਸਿੰਘ ਚਹਿਲ ਅਤੇ ਹੋਰ ਪਤਵੰਤੇ।