ਸਤਲੁਜ’ ਫ਼ਿਲਮ ’ਤੇ ਰੋਕ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ
ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਮੰਗ-ਪੱਤਰ; ਰੋਕ ਤੁਰੰਤ ਹਟਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ) — ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਕਥਿਤ ਵਧੀਕੀਆਂ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ’ਤੇ ਲਗਾਈ ਗਈ ਰੋਕ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਥਿਤ ਸੂਚਨਾ ਕੇਂਦਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹੱਥਾਂ ਵਿੱਚ ਬੈਨਰ ਫੜ ਕੇ ਰੋਸ ਪ੍ਰਗਟਾਇਆ।

ਰੋਸ ਮਾਰਚ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ, ਜਿਸ ਰਾਹੀਂ ਫ਼ਿਲਮ ’ਤੇ ਲਗਾਈ ਗਈ ਰੋਕ ਤੁਰੰਤ ਹਟਾਉਣ ਦੀ ਮੰਗ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫ਼ਿਲਮ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਸੰਘਰਸ਼ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨਾਲ ਹੋਈਆਂ ਕਥਿਤ ਵਧੀਕੀਆਂ ਨੂੰ ਵੀ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਬੇਕਸੂਰ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਸੀ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਠੀਕ ਨਹੀਂ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਫ਼ਿਲਮ ਬਾਰੇ ਲੋਕਾਂ ਨੂੰ ਆਪਣੀ ਰਾਏ ਬਣਾਉਣ ਦਾ ਅਧਿਕਾਰ ਹੈ ਅਤੇ ਪਾਬੰਦੀ ਲਗਾ ਕੇ ਉਸ ਦੀ ਪੇਸ਼ਕਾਰੀ ਰੋਕਣਾ ਉਚਿਤ ਨਹੀਂ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਫ਼ਿਲਮ ’ਤੇ ਲਗਾਈ ਰੋਕ ਵਾਪਸ ਲੈ ਕੇ ਇਸ ਦੇ ਪ੍ਰਦਰਸ਼ਨ ਦਾ ਰਾਹ ਪੱਧਰਾ ਕੀਤਾ ਜਾਵੇ।