ਰਾਜਪੁਰਾ ਫਾਇਰਿੰਗ ਮਾਮਲਾ: ਪੁਲਿਸ ਮੁਕਾਬਲੇ ਤੋਂ ਬਾਅਦ ਦੋ ਸ਼ੂਟਰ ਕਾਬੂ, ਗੋਲਡੀ ਢਿੱਲੋਂ ਗੈਂਗ ਦੇ ਤਿੰਨ ਹੋਰ ਸਾਥੀ ਵੀ ਗ੍ਰਿਫ਼ਤਾਰ
ਪਟਿਆਲਾ, 2 ਜੁਲਾਈ: ਰਾਜਪੁਰਾ ਵਿੱਚ ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਐੱਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਸੀ.ਆਈ.ਏ. ਪਟਿਆਲਾ, ਸਮਾਣਾ ਅਤੇ ਰਾਜਪੁਰਾ ਦੀਆਂ ਟੀਮਾਂ ਨੇ ਸਾਂਝੀ ਕਾਰਵਾਈ ਕਰਦਿਆਂ ਘਟਨਾ ਵਿੱਚ ਸ਼ਾਮਲ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਨ੍ਹਾਂ ਦੀ ਮਦਦ ਕਰਨ ਵਾਲੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ।
ਪੁਲਿਸ ਅਨੁਸਾਰ 26 ਜੂਨ ਨੂੰ ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਗੋਲੀਬਾਰੀ ਕੀਤੀ ਗਈ ਸੀ। ਘਟਨਾ ਤੋਂ ਬਾਅਦ ਗੈਂਗਸਟਰ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਜ਼ਿੰਮੇਵਾਰੀ ਲਈ ਸੀ ਅਤੇ ਰਾਜਪੁਰਾ ਦੀ ਵਿਧਾਇਕ ਤੇ ਉਨ੍ਹਾਂ ਦੇ ਪੁੱਤਰ ਨੂੰ ਵੀ ਧਮਕੀ ਦਿੱਤੀ ਸੀ।
ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸ਼ੱਕੀ ਮੁਲਜ਼ਮਾਂ ਦਾ ਪਿੱਛਾ ਕੀਤਾ। ਇਸ ਦੌਰਾਨ ਪੁਲਿਸ ਵੱਲੋਂ ਸਰੰਡਰ ਕਰਨ ਲਈ ਕਹਿਣ 'ਤੇ ਮੁਲਜ਼ਮਾਂ ਨੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਮਗਰੋਂ ਦੋਵੇਂ ਸ਼ੂਟਰਾਂ ਨੂੰ ਕਾਬੂ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਜਸਕਰਨ ਸਿੰਘ, ਦੋਵੇਂ ਵਾਸੀ ਪਿੰਡ ਹਮੀਰਾ, ਜ਼ਿਲ੍ਹਾ ਕਪੂਰਥਲਾ, ਵਜੋਂ ਹੋਈ ਹੈ। ਜਾਂਚ ਦੌਰਾਨ ਤਿੰਨ ਹੋਰ ਗੈਂਗ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਤੇ ਸ਼ੂਟਰਾਂ ਨੂੰ ਹਥਿਆਰ ਅਤੇ ਹੋਰ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਦੇ ਦੋਸ਼ ਹਨ।
ਪੁਲਿਸ ਦਾ ਕਹਿਣਾ ਹੈ ਕਿ ਪਿਛਲੇ ਅੱਠ ਮਹੀਨਿਆਂ ਦੌਰਾਨ ਗੋਲਡੀ ਢਿੱਲੋਂ ਗੈਂਗ ਨਾਲ ਸਬੰਧਤ 18ਵੇਂ ਅਤੇ 19ਵੇਂ ਮੈਂਬਰ ਦੀ ਗ੍ਰਿਫ਼ਤਾਰੀ ਨਾਲ ਗੈਂਗ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।