ਦਰਬਾਰ ਸਾਹਿਬ ਨਤਮਸਤਕ ਹੋਏ ਤਰੁਣ ਚੁੱਘ ਤੇ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ, 18 ਜੂਨ – ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਨਵ-ਨਿਯੁਕਤ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਦੇਸ਼ ਦੀ ਤਰੱਕੀ, ਪੰਜਾਬ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਭਰ ਦੀ ਸੰਗਤ ਲਈ ਆਸਥਾ ਦਾ ਕੇਂਦਰ ਹੈ ਅਤੇ ਇੱਥੋਂ ਮਨੁੱਖਤਾ ਨੂੰ ਸੇਵਾ, ਸਮਰਪਣ ਅਤੇ ਭਾਈਚਾਰੇ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਆਏ ਹਨ।
ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨਾਲ ਜੁੜੀਆਂ ਹਾਲੀਆ ਘਟਨਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਚੁੱਘ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਮਸਲਾ ਉਠਾਉਣ ਦੀ ਮੰਗ ਕੀਤੀ ਜਾਵੇਗੀ।
ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਸਬੰਧੀ ਚੱਲ ਰਹੀ ਚਰਚਾ 'ਤੇ ਬੋਲਦਿਆਂ ਤਰੁਣ ਚੁੱਘ ਨੇ ਕਿਹਾ ਕਿ ਸਿੱਖ ਕੌਮ ਦੇ ਸਰਵਉੱਚ ਧਾਰਮਿਕ ਅਸਥਾਨ ਦਾ ਸਤਿਕਾਰ ਹਰ ਇੱਕ ਲਈ ਜ਼ਰੂਰੀ ਹੈ ਅਤੇ ਇਸ ਦੀ ਮਰਿਆਦਾ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ 20 ਜੂਨ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ ਅਤੇ ਆਪਣੇ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ। ਚੁੱਘ ਨੇ ਕਿਹਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਮਜ਼ਬੂਤ ਵਿਕਲਪ ਵਜੋਂ ਉਭਰੇਗੀ।
ਪੰਜਾਬ
ਦਰਬਾਰ ਸਾਹਿਬ ਨਤਮਸਤਕ ਹੋਏ ਤਰੁਣ ਚੁੱਘ ਤੇ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਦਰਬਾਰ ਸਾਹਿਬ ਨਤਮਸਤਕ ਹੋਏ ਤਰੁਣ ਚੁੱਘ ਤੇ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ