ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ, ਸ਼ੱਕੀ ਵਿਅਕਤੀ ਪੁਲਿਸ ਹਵਾਲੇ
ਅੰਮ੍ਰਿਤਸਰ, 12 ਜੂਨ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸੇਵਾਦਾਰਾਂ ਦੀ ਚੌਕਸੀ ਕਾਰਨ ਇਹ ਘਟਨਾ ਵਾਪਰਨ ਤੋਂ ਪਹਿਲਾਂ ਹੀ ਨਾਕਾਮ ਬਣਾ ਦਿੱਤੀ ਗਈ ਅਤੇ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਕਤ ਵਿਅਕਤੀ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਅਤੇ ਪਰਿਕਰਮਾ ਕਰਨ ਤੋਂ ਬਾਅਦ ਉਥੇ ਸਜਾਏ ਗਏ ਗੁਰੂ ਸਾਹਿਬ ਦੇ ਪਵਿੱਤਰ ਸ਼ਸਤਰਾਂ ਵੱਲ ਵਧਿਆ ਅਤੇ ਉਨ੍ਹਾਂ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ। ਡਿਊਟੀ ’ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਚੌਕਸੀ ਦਿਖਾਉਂਦਿਆਂ ਉਸ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸ਼ੱਕੀ ਵਿਅਕਤੀ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਐਸਜੀਪੀਸੀ ਵੱਲੋਂ ਪ੍ਰਸ਼ਾਸਨ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਹ ਪਤਾ ਲਗਾਉਣ ਦੀ ਅਪੀਲ ਕੀਤੀ ਗਈ ਹੈ ਕਿ ਵਿਅਕਤੀ ਕਿੱਥੋਂ ਆਇਆ, ਉਸਦਾ ਪਿਛੋਕੜ ਕੀ ਹੈ ਅਤੇ ਕੀ ਇਸ ਘਟਨਾ ਦੇ ਪਿੱਛੇ ਕੋਈ ਸਾਜ਼ਿਸ਼ ਜਾਂ ਹੋਰ ਵਿਅਕਤੀ ਸ਼ਾਮਲ ਹਨ।
ਮੁੱਢਲੀ ਜਾਣਕਾਰੀ ਅਨੁਸਾਰ ਕਾਬੂ ਕੀਤਾ ਗਿਆ ਵਿਅਕਤੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਬਾਰੇ ਅੰਤਿਮ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।
ਮੇਜਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ ਅਤੇ ਸੇਵਾਦਾਰਾਂ ਦੀ ਤਾਇਨਾਤੀ ਵੀ ਵਧਾਈ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ।
ਇਸ ਘਟਨਾ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਇਸ ਦੀ ਸਖ਼ਤ ਨਿੰਦਾ ਕੀਤੀ ਗਈ ਹੈ।
ਪੰਜਾਬ
ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ, ਸ਼ੱਕੀ ਵਿਅਕਤੀ ਪੁਲਿਸ ਹਵਾਲੇ
ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ, ਸ਼ੱਕੀ ਵਿਅਕਤੀ ਪੁਲਿਸ ਹਵਾਲੇ