ਅਮਰੀਕਾ ਦਾ ਗੋਲਡੀ ਬਰਾੜ ਖ਼ਿਲਾਫ਼ ਵੱਡਾ ਐਕਸ਼ਨ, ਗ੍ਰਿਫ਼ਤਾਰੀ ਲਈ 50 ਹਜ਼ਾਰ ਡਾਲਰ ਦੇ ਇਨਾਮ ਦਾ ਐਲਾਨ
ਵਾਸ਼ਿੰਗਟਨ, 8 ਜੁਲਾਈ: ਅਮਰੀਕਾ ਦੀ ਸੰਘੀ ਜਾਂਚ ਏਜੰਸੀ FBI ਨੇ ਭਾਰਤੀ ਮੂਲ ਦੇ ਕਥਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਅਮਰੀਕੀ ਡਾਲਰ (ਲਗਭਗ 43–48 ਲੱਖ ਰੁਪਏ) ਤੱਕ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗੋਲਡੀ ਬਰਾੜ ਨੂੰ ਅਮਰੀਕੀ ਏਜੰਸੀ ਵੱਲੋਂ ਮੋਸਟ ਵਾਂਟੇਡ ਅਪਰਾਧੀਆਂ ਵਿੱਚ ਸ਼ਾਮਲ ਕਰਦਿਆਂ ਉਸ ਦੀ ਭਾਲ ਹੋਰ ਤੇਜ਼ ਕਰ ਦਿੱਤੀ ਗਈ ਹੈ
ਐਫਬੀਆਈ ਅਨੁਸਾਰ ਗੋਲਡੀ ਬਰਾੜ 'ਤੇ ਲਾਰੈਂਸ ਬਿਸ਼ਨੋਈ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਨਾਲ ਜੁੜ ਕੇ ਅਮਰੀਕਾ ਅਤੇ ਕੈਨੇਡਾ ਵਿੱਚ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਦੇ ਦੋਸ਼ ਹਨ। ਜਾਂਚ ਏਜੰਸੀ ਦਾ ਕਹਿਣਾ ਹੈ ਕਿ 1 ਜੁਲਾਈ 2026 ਨੂੰ ਕੈਲੀਫ਼ੋਰਨੀਆ ਦੀ ਇੱਕ ਸੰਘੀ ਅਦਾਲਤ ਨੇ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਉਸ 'ਤੇ ਰੈਕਟੀਅਰਿੰਗ ਸਾਜ਼ਿਸ਼, ਜਬਰੀ ਵਸੂਲੀ ਦੀ ਸਾਜ਼ਿਸ਼ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਦੋਸ਼ ਲਗਾਏ ਗਏ ਹਨ। 


ਗੋਲਡੀ ਬਰਾੜ ਪਹਿਲਾਂ ਹੀ ਭਾਰਤ ਦੀਆਂ ਜਾਂਚ ਏਜੰਸੀਆਂ ਲਈ ਵੀ ਮੋਸਟ ਵਾਂਟੇਡ ਹੈ। ਉਸ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਸਮੇਤ ਕਈ ਹੋਰ ਅਪਰਾਧਿਕ ਮਾਮਲਿਆਂ ਵਿੱਚ ਵੀ ਸਾਹਮਣੇ ਆ ਚੁੱਕਾ ਹੈ। ਹੁਣ ਐਫਬੀਆਈ ਵੱਲੋਂ ਇਨਾਮੀ ਐਲਾਨ ਅਤੇ ਵਾਰੰਟ ਜਾਰੀ ਹੋਣ ਨੂੰ ਉਸ ਖ਼ਿਲਾਫ਼ ਅੰਤਰਰਾਸ਼ਟਰੀ ਪੱਧਰ 'ਤੇ ਕਾਰਵਾਈ ਦਾ ਵੱਡਾ ਕਦਮ ਮੰਨਿਆ ਜਾ ਰਿਹਾ ਹੈ।