ਸਿੱਖਾਂ ਨਾਲ ਸਬੰਧਤ ਕਾਨੂੰਨ ਬਣਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ ਲਾਜ਼ਮੀ: ਰਾਜਾ ਵੜਿੰਗ
ਚੰਡੀਗੜ੍ਹ, 29 ਜੂਨ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਇਹ ਗੱਲ 1959 ਵਿੱਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਅਤੇ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਦਰਮਿਆਨ ਹੋਏ ਸਮਝੌਤੇ ਵਿੱਚ ਵੀ ਤੈਅ ਕੀਤੀ ਗਈ ਸੀ, ਜਿਸ ਦਾ ਜ਼ਿਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੀਤਾ ਗਿਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਪ੍ਰਗਟਾਈ ਕਿ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਵੱਲੋਂ ਸੁਝਾਈਆਂ ਸੋਧਾਂ ਅਤੇ ਤਬਦੀਲੀਆਂ ਨੂੰ ਕਾਨੂੰਨ ਦਾ ਹਿੱਸਾ ਬਣਾਏਗੀ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਹਕੂਮਤ ਨੇ ਵੀ ਸਿੱਖ ਭਾਈਚਾਰੇ ਨਾਲ ਸਲਾਹ ਕੀਤੇ ਬਿਨਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਕੋਈ ਕਾਨੂੰਨ ਇਕਪੱਖੀ ਤੌਰ ’ਤੇ ਨਹੀਂ ਬਣਾਇਆ ਸੀ।
ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮਨਜ਼ੂਰੀ ਦੀ ਉਡੀਕ ਕਰਨ ’ਤੇ ਵੀ ਸਖ਼ਤ ਐਤਰਾਜ਼ ਜਤਾਇਆ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪਾਰਟੀ ਦਾ ਨਹੀਂ, ਸਗੋਂ ਧਾਰਮਿਕ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੋਰ ਪਾਰਟੀਆਂ ਦੇ ਸਿੱਖ ਵਿਧਾਇਕਾਂ ਵਾਂਗ ਇਨ੍ਹਾਂ ਨੂੰ ਵੀ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਦਾ ਦਿੱਤਾ ਗਿਆ ਸੀ ਤਾਂ ਉਨ੍ਹਾਂ ਨੂੰ ਕਿਸੇ ਦੀ ਵੀ ਇਜਾਜ਼ਤ ਦੀ ਲੋੜ ਨਹੀਂ ਸੀ, ਭਾਵੇਂ ਉਹ ਉਨ੍ਹਾਂ ਦੀ ਪਾਰਟੀ ਦਾ ਸੁਪਰੀਮੋ ਹੀ ਕਿਉਂ ਨਾ ਹੋਵੇ।