ਪੰਧੇਰ ਦੇ ਐਲਾਨ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਦਾ ਸਖ਼ਤ ਪਹਿਰਾ,
ਆਉਣ-ਜਾਣ ਵਾਲੇ ਰਸਤੇ ਬੰਦ
ਸ਼ੰਭੂ:
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਐਲਾਨੇ ਗਏ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸ਼ੰਭੂ ਬਾਰਡਰ 'ਤੇ ਘੱਗਰ ਦਰਿਆ ਦੇ ਪੁਲ ਦੇ ਦੋਵੇਂ ਪਾਸਿਆਂ ਭਾਰੀ ਬੈਰੀਕੇਡਿੰਗ ਕਰਕੇ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਹੈ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਬਾਰਡਰ 'ਤੇ ਬਣੇ ਹਾਲਾਤ ਇੱਕ ਵਾਰ ਫਿਰ ਉਸ ਸਮੇਂ ਦੀ ਯਾਦ ਦਿਵਾ ਰਹੇ ਹਨ ਜਦੋਂ ਕਰੀਬ ਇੱਕ ਸਾਲ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਇਸ ਵੇਲੇ ਵੀ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਖਾਸ ਕਰਕੇ ਰਾਜਪੁਰਾ ਵੱਲੋਂ ਅੰਬਾਲਾ ਅਤੇ ਦਿੱਲੀ ਜਾਣ ਵਾਲੇ ਯਾਤਰੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਬਾਰਡਰ ਬੰਦ ਹੋਣ ਕਾਰਨ ਲੋਕਾਂ ਨੂੰ ਵਿਕਲਪਕ ਰਸਤਿਆਂ ਦੀ ਭਾਲ ਕਰਨੀ ਪੈ ਰਹੀ ਹੈ, ਜਦਕਿ ਕਈ ਵਾਹਨ ਚਾਲਕ ਘੰਟਿਆਂ ਤੋਂ ਜਾਮ ਵਿੱਚ ਫਸੇ ਹੋਏ ਹਨ। ਹਾਲਾਤਾਂ ਨੂੰ ਦੇਖਦਿਆਂ ਸੁਰੱਖਿਆ ਏਜੰਸੀਆਂ ਪੂਰੀ ਚੌਕਸੀ ਵਰਤ ਰਹੀਆਂ ਹਨ ਅਤੇ ਬਾਰਡਰ 'ਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਗਏ ਹਨ।